By 1 2 1 News Reporter
Mohali 24th October: ------ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਚ ਮਿਠਆਈਆਂ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਕੀਤੀ ਜਾਵੇ ਅਤੇ ਮਿਲਾਵਟ ਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸਿਆ ਨਾ ਜਾਵੇ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ ਨੇ ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ। ਉਨ੍ਹਾਂ ਇਸ ਮੌਕੇ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜਾ ਵੀ ਲਿਆ।
ਪ੍ਰਵੀਨ ਕੁਮਾਰ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜੋ ਸਿਹਤ ਸੇਵਾਵਾਂ ਆਰੰਭ ਕੀਤੀਆਂ ਹਨ ਉਨ੍ਹਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਸਿਹਤ ਸੰਸਥਾਵਾਂ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਹਨਾਂ ਪਿੰਡਾਂ ਵਿੱਚ ਨਸ਼ਿਆਂ, ਭਰੂਣ ਹੱਤਿਆ ਅਤੇ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ਵਿੱਚ ਚੇਤਨਾਂ ਪੈਦਾ ਕਰਨ ਲਈ ਇੱਕ ਵਿਸ਼ੇਸ ਮੁਹਿੰਮ ਵਿੰਢਣ ਲਈ ਆਖਿਆ। ਵਧੀਕ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਐਲਾਨਿਆ ਹੋਇਆ ਹੈ ਇਸ ਕਰਕੇ ਜ਼ਿਲ੍ਹੇ ਵਿੱਚ ਜਨਤਕ ਥਾਵਾਂ ਅਤੇ ਹੋਰ ਅਣਅਧਿਕਾਰਤ ਥਾਵਾਂ ਤੇ ਤੰਬਾਕੂ ਦੀ ਵਰਤੋਂ ਕਰਨ ਦੀ ਮਨਾਹੀ ਦੇ ਹੁਕਮ ਅਤੇ ਜ਼ਿਲ੍ਹੇ ਚ ਹੁੱਕਾ ਬਾਰਾ ਤੇ ਵੀ ਪਾਬੰਦੀ ਲਗਾਈ ਗਈ ਹੈ ਅਤੇ ਇਹਨਾਂ ਹੁਕਮਾਂ ਦੀ ਪਾਲਣਾਂ ਨੂੰ ਯਕੀਨੀ ਬਣਾਉਣ ਲਈ ਅਚਨਚੇਤੀ ਚੈਕਿੰਗ ਕੀਤੀ ਜਾਵੇ। ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
No comments:
Post a Comment