Pages

Thursday, 30 January 2014

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 42 ਹਜ਼ਾਰ ਪਰਿਵਾਰਾਂ ਨੂੰ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ : ਸਿੱਧੂ

By 121 News Reporter

Mohali 30th January:-- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਆਟਾ ਦਾਲ ਦੇ ਨੀਲੇ ਕਾਰਡ ਧਾਰਕ ਤਕਰੀਬਨ 42 ਹਜ਼ਾਰ ਪਰਿਵਾਰਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ ਅਤੇ ਇਹ ਪਰਿਵਾਰ ਪ੍ਰਤੀ ਸਾਲ 30 ਹਜ਼ਾਰ ਰੁਪਏ ਦਾ ਮੁਫ਼ਤ ਇਲਾਜ ਨਾਮਵਰ ਹਸਪਤਾਲਾਂ ਵਿੱਚ ਕਰਵਾ ਸਕਣਗੇ। ਇਸ ਦੀ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਜਿਲ੍ਹਾ ਸਿਹਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਹਨਾਂ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਰਟ ਕਾਰਡ ਬਣਾਉਣ ਦਾ ਕੰਮ 15 ਫਰਵਰੀ ਤੋਂ ਪਹਿਲਾਂ- ਪਹਿਲਾਂ 100ਫ਼ੀ ਸਦੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਲੀਫ਼ ਫ਼ੰਡ ਵਿੱਚੋਂ ਜਿਲ੍ਹੇ 'ਚ ਕੈਂਸਰ ਦੇ ਮਰੀਜ਼ਾਂ ਨੂੰ ਡੇਢ ਲੱਖ ਰੁਪਏ ਪ੍ਰਤੀ ਮਰੀਜ਼ ਕੈਂਸਰ ਦੇ ਇਲਾਜ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੈਂਸਰ ਦੇ 162 ਮਰੀਜਾਂ ਨੂੰ 2 ਕਰੋੜ 43 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਕਿ ਜਦੋਂ ਵੀ ਕੋਈ ਕੈਂਸਰ ਦਾ ਮਰੀਜ਼ ਵਿੱਤੀ ਸਹਾਇਤਾ ਲਈ ਅਰਜ਼ੀ ਦਿੰਦਾ ਹੈ ਤਾਂ ਉਸ ਨੂੰ ਬਿਨਾਂ ਕਿਸੇ ਦੇਰੀ ਤੋਂ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਉਹਨਾਂ ਇਹ ਵੀ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਆਰੰਭੀਆਂ ਬਿਹਤਰ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਾਂ ਛੱਡੀ ਜਾਵੇ ਤਾਂ ਜੋ ਖਾਸ ਕਰਕੇ ਪਿੰਡਾਂ ਵਿੱਚ ਵਸਦੇ ਲੋਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਹਨਾਂ ਦੂਰ ਦੁਰਾਡੇ ਪਿੰਡਾਂ ਲਈ ਸ਼ੁਰੂ ਕੀਤੀ ਗਈ ਮੋਬਾਇਲ ਮੈਡੀਕਲ ਯੂਨਿਟ ਨੂੰ ਜਿੱਥੇ ਭੇਜੀ ਜਾਣੀ ਹੈ ਉਸਦੀ ਉਸ ਪਿੰਡ ਜਾਂ ਉਸ ਇਲਾਕੇ ਵਿੱਚ ਅਗਾਂਊ ਸੂਚਨਾਂ ਲੋਕਾਂ ਤੱਕ ਪੁੱਜਦੀ ਕਰਨ ਲਈ ਵੀ ਆਖਿਆ ਤਾਂ ਜੋ ਵੱਧ ਤੋਂ ਵੱਧ ਲੋਕ ਆਪਣਾ ਚੈੱਕਅੱਪ ਕਰਵਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਮਾਨਤਾ ਪ੍ਰਾਪਤ ਅਲਟਰਾਸਾਊਂਡ ਸੈਂਟਰਾਂ ਦੀ ਅਚਨਚੇਤੀ ਚੈਕਿੰਗ ਕਰਨ ਲਈ ਵੀ ਆਖਿਆ ਅਤੇ ਪੀ.ਐਨ.ਡੀ.ਟੀ.ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਹਨਾਂ ਇਸ ਮੌਕੇ ਤੰਬਾਕੂ ਕੰਟਰੋਲ ਐਕਟ -2003 ਨੂੰ ਵੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਜੇਕਰ ਕੋਈ ਐਕਟ ਦੀ ਉਲੰਘਣਾ ਕਰਦਾ ਹੈ ਉਸ ਵਿਰੁੱਧ ਐਕਟ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ। ਇਸ ਤੋਂ ਇਲਾਵਾ ਬਲਾਕ ਪੱਧਰ ਤੇ ਤੰਬਾਕੂ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੰਢੀ ਜਾਵੇ। ਇਸ ਮੌਕੇ ਡਾ. ਰੀਟਾ ਭਾਰਦਵਾਜ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਹੇਠਲੇ ਪੱਧਰ ਤੱਕ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗਾ।  

 

No comments:

Post a Comment