Wednesday 26 February 2014

ਪੰਜਾਬ 'ਚ ਨਵੀਂ ਆਟਾ ਦਾਲ ਸਕੀਮ ਦਾ 31 ਲੱਖ 50 ਹਜ਼ਾਰ ਪਰਿਵਾਰਾਂ ਨੂੰ ਮਿਲੇਗਾ ਲਾਭ : ਕੈਰੋਂ

By 121 News Reporter

Mohali 26th February:-- ਪੰਜਾਬ ਵਿੱਚ ਨੀਲੇ ਕਾਰਡ ਹੋਲਡਰਾਂ ਅਤੇ ਬੀ.ਪੀ.ਐਲ ਪਰਿਵਾਰਾਂ ਨੂੰ 1 ਰੁਪਏ ਕਿੱਲੋ ਕਣਕ ਅਤੇ 20 ਰੁਪਏ ਕਿੱਲੋ ਦਾਲ ਵੰਡਣ ਦੀ ਸਕੀਮ ਤਹਿਤ ਰਾਜ ਦੇ 31 ਲੱਖ 50 ਹਜ਼ਾਰ ਪਰਿਵਾਰਾਂ ਦੇ 1 ਕਰੋੜ 45 ਲੱਖ ਦੇ ਕਰੀਬ ਜੀਆਂ ਨੂੰ ਲਾਭ ਪੁੱਜੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਟਾ ਦਾਲ ਸਕੀਮ ਦੇ ਲਾਭ ਪਾਤਰੀਆਂ ਨੂੰ ਕਣਕ ਅਤੇ ਦਾਲ ਵੰਡਣ ਦੀ ਸ਼ੁਰੂਆਤ ਕਰਨ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਨੇ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਪਹਿਲੀ ਸਰਕਾਰ ਸੀ ਜਿਸ ਨੇ ਦੇਸ਼ 'ਚ ਸਭ ਤੋਂ ਪਹਿਲਾਂ ਆਟਾ ਦਾਲ ਸਕੀਮ ਸ਼ੁਰੂ ਕੀਤੀ ਸੀ। ਉਹਨਾਂ ਦੱਸਿਆ ਕਿ ਪਹਿਲਾਂ ਇਸ ਸਕੀਮ ਅਧੀਨ 18 ਲੱਖ ਪਰਿਵਾਰਾਂ ਨੂੰ 4 ਰੁਪਏ ਕਿੱਲੋ ਕਣਕ ਤੇ 20 ਰੁਪਏ ਕਿੱਲੋ ਦਾਲ ਦਿੱਤੀ ਜਾਂਦੀ ਸੀ ਪ੍ਰੰਤੂ ਹੁਣ ਪੰਜਾਬ ਸਰਕਾਰ ਨੇ ਇਸ ਸਕੀਮ ਦੇ ਘੇਰੇ ਨੂੰ ਹੋਰ ਵਿਸ਼ਾਲ ਕਰਕੇ 13 ਲੱਖ 50 ਹਜ਼ਾਰ ਪਰਿਵਾਰਾਂ ਨੂੰ ਹੋਰ ਸ਼ਾਮਿਲ ਕੀਤਾ ਹੈ ਅਤੇ ਹੁਣ ਲਾਭਪਾਤਰੀਆਂ ਨੂੰ 1 ਰੁਪਏ ਕਿੱਲੋ ਕਣਕ ਅਤੇ 20 ਰੁਪਏ ਕਿੱਲੋ ਦਾਲ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਨਵੀਂ ਆਟਾ ਦਾਲ ਸਕੀਮ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ 98 ਹਜ਼ਾਰ ਪਰਿਵਾਰਾਂ ਨੂੰ ਲਾਭ ਪੁੱਜੇਗਾ। ਸ੍ਰ ਕੈਰੋਂ ਨੇ ਹੋਰ ਕਿਹਾ ਕਿ ਨਵੀਂ ਆਟਾ ਦਾਲ ਸਕੀਮ ਨੂੰ ਲੋਕਾਂ ਦੇ ਸਹਿਯੋਗ ਨਾਲ ਪੂਰੀ ਪਾਰਦਰਸ਼ਤਾ ਅਤੇ ਸਫ਼ਲਤਾ ਨਾਲ ਚਲਾਇਆ ਜਾਵੇਗਾ ਜਿਸ ਲਈ ਸਮੇਂ ਸਮੇਂ ਲੋਕਾਂ ਦੇ ਸੁਝਾਅ ਵੀ ਲਏ ਜਾਣਗੇ। ਉਹਨਾਂ ਦੱਸਿਆ ਕਿ ਹੁਣ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਲੈਣ ਲਈ ਖੱਜਲ ਖੁਆਰ ਨਹੀਂ ਹੋਣਾ ਪਵੇਗਾ ਅਤੇ ਹੁਣ ਸਾਲ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਕਣਕ ਇਕੱਠੀ  ਦੋ ਵਾਰ ਜੂਨ ਅਤੇ ਦਸੰਬਰ ਮਹੀਨੇ ਦੌਰਾਨ ਵੰਡੀ ਜਾਇਆ ਕਰੇਗੀ ਅਤੇ ਲਾਭਪਾਤਰੀਆਂ ਨੂੰ ਪਿੰਡ ਵਿੱਚ ਹੀ ਕਣਕ ਤੇ ਦਾਲ ਭੇਜੀ ਜਾਇਆ ਕਰੇਗੀ। ਉਹਨਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਨਵੀਂ ਕਣਕ ਅਤੇ ਸਾਫ਼ ਸੁਥਰੀ ਦਾਲ ਮੁਹੱਈਆ ਕਰਵਾਈ ਜਾਇਆ ਕਰੇਗੀ । ਸ੍ਰ ਕੈਰੋਂ ਨੇ ਇਸ ਮੌਕੇ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਵੀ ਵੰਡੀ ਅਤੇ ਨਵੇਂ ਬਣਾਏ ਗਏ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਨੀਲੇ ਕਾਰਡ ਵੀ ਵੰਡੇ ਗਏ। ਸਮਾਗਮ ਨੂੰ ਐਸ.ਜੀ.ਪੀ.ਸੀ ਮੈਂਬਰ ਸ੍ਰ ਚਰਨਜੀਤ ਸਿੰਘ ਕਾਲੇਵਾਲ ਅਤੇ ਐਸ.ਡੀ.ਐਮ. ਸ੍ਰੀ ਲਖਮੀਰ ਸਿੰਘ ਨੇ ਵੀ ਸੰਬੋਧਨ ਕੀਤਾ।

 

No comments:

Post a Comment