Wednesday 19 March 2014

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਵਿਸ਼ੇਸ਼ ਤੋਰ ਤੇ ਕੀਤਾ ਜਾਵੇਗਾ ਸਨਮਾਨਿਤ:ਪ੍ਰਵੀਨ ਕੁਮਾਰ ਥਿੰਦ

By 121 News Reporter

Mohali 19th March:-- ਨੌਜਵਾਨ ਸਾਡੇ ਦੇਸ ਦਾ ਭਵਿੱਖ ਹਨ ਇਸ ਲਈ ਨੌਜਵਾਨਾਂ ਨੂੰ ਜਿਹਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ 30 ਅਪ੍ਰੈਲ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ -ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ ਨੇ ਗਿਆਨ ਜੋਯਤੀ ਗਰੁੱਪ ਆਫ਼ ਇੰਸਟੀਚਿਊਟਸ ਫੇਜ਼ -2 ਤੋਂ ਸਵੀਪ ਮੁਹਿੰਮ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਤੇ ਇਲੈਕਟੋਰਲ ਪਾਰਟੀਸਿਪੇਸਨ)  ਤਹਿਤ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਲਾਲਚ ਅਤੇ ਡਰ ਭੈਅ ਤੋਂ ਕਰਨ ਲਈ ''ਵੋਟ ਬਣਾਓ ਤੇ ਵੋਟ ਪਾਓ" ਵਿਸ਼ੇ ਤੇ ਆਯੋਜਿਤ ਕੀਤੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਕੀਤਾ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸਮੂਲੀਅਤ ਕੀਤੀ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ -ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ ਨੇ ਇਸ ਮੌਕੇ ਨੌਜਵਾਨ ਵਿਦਿਆਰਥੀਆਂ ਨੂੰ ਕਿਹਾ ਕਿ ਦੇਸ਼ ਦੇ ਹਰੇਕ ਨਾਗਰਿਕ ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ । ਸੰਵਿਧਾਨਿਕ ਤੌਰ ਤੇ ਵੋਟ ਬਣਾਉਣ ਅਤੇ ਵੋਟ ਪਾਉਣ ਦਾ ਹੱਕ ਪ੍ਰਾਪਤ ਹੈ ਪ੍ਰੰਤੂ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਕਿ ਨੌਜਵਾਨ ਨਾ ਤਾਂ ਵੋਟ ਬਣਾਉਣ ਵਿੱਚ ਦਿਲਚਸਪੀ ਲੈਂਦੇ ਹਨ ਅਤੇ ਨਾ ਹੀ ਵੋਟ ਦੀ ਵਰਤੋਂ ਕਰਨ ਵਿੱਚ । ਉਹਨਾਂ ਸੱਦਾ ਦਿੱਤਾ ਕਿ ਉਹ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣ । ਉਹਨਾਂ ਦੱਸਿਆ ਕਿ ਜਿਹੜੇ ਨੌਜਵਾਨ ਵੋਟਰ ਆਪਣੀ ਵੋਟ ਦਾ ਪਹਿਲੀ ਵਾਰ ਇਸਤੇਮਾਲ ਕਰਨਗੇ। ਉਹਨਾਂ ਦੀ ਹੋਸਲਾ ਹਫਜਾਈ ਲਈ ਉਹਨਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ ਤਾਂ ਜੋ ਉਹ ਹੋਰਨਾਂ ਨੌਜਵਾਨ ਵੋਟਰਾਂ ਲਈ ਚਾਨਣ ਮੁਨਾਰੇ ਦਾ ਕੰਮ ਕਰ ਸਕਣ। ਸ੍ਰੀ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਪ੍ਰਤੀ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਮਿੱਥਿਆ 85ਫ਼ੀ ਸਦੀ ਪੋਲਿੰਗ ਦਾ ਟੀਚਾ ਹਾਸਲ ਕੀਤਾ ਜਾ ਸਕੇ। ਉਹਨਾਂ ਹੋਰ ਦੱਸਿਆ ਕਿ ਜ਼ਿਲ੍ਹੇ ਭਰ ਦੇ ਕਾਲਜਾਂ ਅਤੇ ਹੋਰਨਾਂ ਤਕਨੀਕੀ ਸੰਸਥਾਵਾਂ ਵਿੱਚ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਕਰਨ ਪ੍ਰਤੀ ਜਾਗਰੂਕ ਕਰਨ ਲਈ ਕਾਲਜ ਅੰਬੈਸਡਰ ਨਿਯੁਕਤ ਕੀਤੇ ਗਏ ਹਨ ,ਜਿਹੜੇ ਕਿ ਨੌਜਵਾਨਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਗੇ।  ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਪਾਰਦਰਸ਼ਤਾ ਢੰਗ ਨਾਲ ਕਰਵਾਈਆਂ ਜਾਣਗੀਆਂ ਅਤੇ ਕਿਸੇ ਨੂੰ ਵੀ ਵੋਟਰਾਂ ਨੂੰ ਭਰਮਾਉਣ ਲਈ ਪੈਸੇ ਜਾਂ ਹੋਰ ਕਿਸੇ ਕਿਸਮ ਦੇ ਹੱਥਕੰਢੇ ਵਰਤਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਹਨਾਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਜੇਕਰ ਕੋਈ ਵੋਟਰਾਂ ਨੂੰ ਭਰਮਾਉਣ ਦੀ ਗੱਲ ਕਰਦਾ ਹੈ ਤਾਂ ਉਹ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਉਣ। ਉਹਨਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਟੋਲ ਫਰੀ ਨੰਬਰ 1800 -180 - 2099 ਜੋ ਕਿ 24 ਘੰਟੇ ਖੁੱਲ੍ਹਾ ਰਹਿੰਦਾ ਹੈ ਤੇ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸ਼ਿਕਾਇਤ ਨਿਵਾਰਨ ਸੈੱਲ ਦੇ ਫੋਨ ਨੰਬਰ 0172 - 2225220 ਤੇ ਵੀ ਦਿੱਤੀ ਜਾ ਸਕਦੀ ਹੈ। ਸ੍ਰੀ ਥਿੰਦ ਨੇ ਦੱਸਿਆ ਕਿ ਵੋਟਰਾਂ ਨੂੰ ਆਪਣੀ ਵੋਟ ਭੁਗਤਾਉਣ ਵੇਲੇ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਜਾਣ ਵਾਲੇ 685 ਪੋਲਿੰਗ ਬੂਥਾਂ ਤੇ ਵੋਟਰਾਂ ਲਈ ਸੁਚੱਜੇ ਪ੍ਰਬੰਧ ਕੀਤੇ ਜਾਣਗੇ।

ਵੋਟਰਾਂ ਲਈ ਕੱਢੀ ਗਈ ਜਾਗਰੂਕਤਾ ਰੈਲੀ ਮਦਨਪੁਰ ਚੌਂਕ ਫੇਜ਼- 5 , ਫੇਜ਼ -3ਬੀ 2, ਫੇਜ਼ -7 ਚਾਵਲਾ ਚੌਂਕ, ਫੇਜ਼ -3 ਏ, ਅਤੇ ਸ਼ਹਿਰ ਦੀਆਂ ਹੋਰ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ ਮੁੜ ਗਿਆਨ ਜੋਯਤੀ ਗਰੁੱਪ ਆਫ਼ ਇੰਸਟੀਚਿਊਟਸ ਫੇਜ -2 ਵਿਖੇ ਸਮਾਪਤ ਹੋਈ।  ਰੈਲੀ ਦੌਰਾਨ ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਤਖ਼ਤੀਆਂ ਤੇ ਲਿਖੇ ਸਲੋਗਨ ਅਤੇ ਬੈਨਰ ਆਦਿ ਵੀ ਚੁੱਕੇ ਹੋਏ ਸਨ। ਜਿਹੜੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਅਤੇ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰ ਰਹੇ ਸਨ।

 

No comments:

Post a Comment