By 121 News Reporter
Mohali 24th March:-- ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ ਕਿਉਂਕਿ ਕੋਈ ਵੀ ਉਮੀਦਵਾਰ ਚੋਣਾਂ ਦੌਰਾਨ 70 ਲੱਖ ਰੁਪਏ ਤੋਂ ਵੱਧ ਖਰਚ ਨਹੀਂ ਕਰ ਸਕਦਾ ਅਤੇ ਉਸਨੂੰ ਆਪਣੇ ਖਰਚੇ ਦਾ ਪੂਰਾ ਹਿਸਾਬ ਕਿਤਾਬ ਦੇਣਾਂ ਪਵੇਗਾ । ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਚੋਣ ਕਾਰਜਾਂ ਨੂੰ ਸੰਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸੱਦੀ ਗਈ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਹਨਾਂ ਕਿਹਾ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸਤ ਨਹੀ ਕੀਤੀ ਜਾਵੇਗੀ। ਚੋਣ ਕਾਰਜਾਂ ਵਿੱਚ ਲੱਗੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ ।
ਤੇਜਿੰਦਰਪਾਲ ਸਿੰਘ ਸਿੱਧੂ ਨੇ ਇਸ ਮੌਕੇ ਗਠਿਤ ਕੀਤੀਆਂ ਗਈਆਂ ਵੱਖ -ਵੱਖ ਨਿਗਰਾਨ ਟੀਮਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਕਰਨ ਅਤੇ ਵਾਹਨਾਂ ਦੀ ਅਚਨਚੇਤੀ ਚੈਕਿੰਗ ਨੂੰ ਯਕੀਨੀ ਬਣਾਉਣ । ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਸਿਆਸੀ ਪਾਰਟੀ ਵੋਟਰਾਂ ਨੂੰ ਭਰਮਾਉਣ ਲਈ ਪੈਸੇ ਜਾਂ ਹੋਰ ਕਿਸੇ ਕਿਸਮ ਦਾ ਲਾਲਚ ਦਿੰਦੀ ਹੈ ਤਾਂ ਉਸਤੇ ਵੀ ਸਖ਼ਤ ਨਿਗ੍ਹਾ ਰੱਖੀ ਜਾਵੇ, ਅਜਿਹਾ ਕਰਨ ਵਾਲਿਆਂ ਵਿਰੁੱਧ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਤੁਰੰਤ ਕਾਰਵਾਈ ਕੀਤੀ ਜਾਵੇ। ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ 50 ਹਜ਼ਾਰ ਤੋਂ 10 ਲੱਖ ਰੁਪਏ ਤੱਕ ਦੀ ਰਾਸ਼ੀ ਬਿਨਾਂ ਸਬੂਤਾਂ ਤੋਂ ਨਾਲ ਲੈ ਕੇ ਚੱਲਦਾ ਹੈ ਅਤੇ ਅਜਿਹਾ ਲੱਗਦਾ ਹੈ ਕਿ ਇਹ ਰਾਸ਼ੀ ਵੋਟਰਾਂ ਨੂੰ ਭਰਮਾਉਣ ਲਈ ਹੈ ਤਾਂ ਉਸ ਰਾਸ਼ੀ ਨੂੰ ਜਬਤ ਕਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ ਪ੍ਰੰਤੂ ਬਿਨਾਂ ਬਜ੍ਹਾ ਕਿਸੇ ਨੂੰ ਤੰਗ ਪ੍ਰਸ਼ਾਨ ਨਾਲ ਕੀਤਾ ਜਾਵੇ। ਤੇਜਿੰਦਰਪਾਲ ਸਿੰਘ ਸਿੱਧੁ ਨੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਕਿਸੇ ਕਿਸਮ ਦਾ ਹੱਥਕੰਢਾ ਵਰਤਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਹਨਾਂ ਇਸ ਮੌਕੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ 30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਲਾਲਚ ਅਤੇ ਆਪਣੀ ਮਰਜ਼ੀ ਨਾਲ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਮੌਕੇ ਸਮੂਹ ਏ.ਆਰ.ਓਜ਼ ਨੂੰ ਆਖਿਆ ਕਿ ਸ਼ੁਰੂ ਕੀਤੀ ਗਈ ਸਿੰਗਲ ਵਿੰਢੋ ਸਿਸਟਮ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਉਮੀਦਵਾਰਾਂ ਜਾਂ ਸਿਆਸੀ ਪਾਰਟੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਬਿਨਾਂ ਕਿਸੇ ਦੇਰੀ ਤੋਂ ਦੇਣ ਲਈ ਯਕੀਨੀ ਬਣਾਉਣ ਤਾਂ ਜੋ ਕਿਸੇ ਨੂੰ ਖੱਜਲ ਖੁਆਰ ਨਾ ਹੋਣਾ ਪਵੇ। ਤੇਜਿੰਦਰਪਾਲ ਸਿੰਘ ਸਿੱਧੂ ਨੇ ਇਸ ਮੌਕੇ ਜ਼ਿਲ੍ਹੇ ਵਿੱਚ ਆਰੰਭੇ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਤੇ ਇਲੈਕਟੋਰਲ ਪਾਰਟੀਸੀਪੇਸ਼ਨ) ਤਹਿਤ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਅਤੇ 18 ਤੇ 19 ਸਾਲ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਆਪਣੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ ਲਈ ਆਖਿਆ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਵੋਟਾਂ ਪ੍ਰਤੀ ਉਤਸਾਹਿਤ ਕਰਨ ਲਈ ਕਾਲਜਾਂ ਅਤੇ ਹੋਰ ਵਿੱਦਿਅਕ ਥਾਵਾਂ ਵਿੱਚ ਵਿਦਿਆਰਥੀਆਂ ਦੇ ਪੋਸਟਰ, ਪੇਟਿੰਗ, ਭਾਸ਼ਣ ਪ੍ਰਤੀਯੋਗਤਾ ਅਤੇ ਨਾਟਕਾਂ ਦਾ ਆਯੋਜਨ ਕੀਤਾ ਜਾਵੇ ਤਾਂ ਜੋ ਨੌਜਵਾਨ ਆਪਣੇ ਸੰਵਿਧਾਨਿਕ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਦੇ ਹੱਕ ਸਬੰਧੀ ਜਾਗਰੂਕ ਹੋ ਸਕਣ।
No comments:
Post a Comment