By 121 News
Mohali 26th July:- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਰਵਾਇਤੀ ਫਸਲਾਂ ਕਣਕ ,ਝੋਨਾ ਜੋ ਕਿ ਹੁਣ ਲਾਹੇਵੰਦ ਨਹੀਂ ਰਹੀਆਂ ਦੀ ਬਜਾਏ ਜੈਵਿਕ ਖੇਤੀ ਦੇ ਨਾਲ ਨਾਲ ਫਸਲੀ ਵਿਭੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਦੀ ਆਰਥਿਕਤਾ ਮਜਬੂਤ ਹੋ ਸਕੇ ਅਤੇ ਉਹ ਘੱਟ ਲਾਗਤ ਨਾਲ ਵੱਧ ਮੁਨਾਫੇ ਵਾਲੀਆਂ ਫਸਲਾਂ ਦੀ ਕਾਸਤ ਕਰਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਪਰਮਿੰਦਰ ਸਿੰਘ ਨੇ ਜ਼ਿਲ੍ਹੇ ਦੇ ਬਤੌਰ ਮੁੱਖ ਖੇਤੀਬਾੜ੍ਹੀ ਅਫਸਰ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਪਰਮਿੰਦਰ ਸਿੰਘ ਨੇ ਪਹਿਲਾਂ ਵੀ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਆਪਣੀ ਸਾਨਦਾਰ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਇਸ ਮੌਕੇ ਖੇਤੀਬਾੜੀ ਵਿਭਾਗ ਦੇ ਬਲਾਕ ਪੱਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਉਹ ਜ਼ਿਲ੍ਹੇ ਦੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਸਮੇਂ ਸਮੇਂ ਤੇ ਫਸਲਾਂ ਦਾ ਜਾਇਜਾ ਲਿਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਖੇਤੀਬਾੜੀ ਵਿਭਾਗ ਜੋ ਕਿ ਕਿਸਾਨਾਂ ਦਾ ਅਪਣਾ ਵਿਭਾਗ ਹੈ ਇਸ ਵਿਭਾਗ ਦੀਆਂ ਸਕੀਮਾਂ ਨੂੰ ਕਿਸਾਨਾਂ ਤੱਕ ਪੁੱਜਦੀਆਂ ਕਰਨ ਲਈ ਕੋਈ ਕਸਰ ਬਾਕੀ ਨਾ ਛੱਡਣ ਅਤੇ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਨਵੀਆਂ ਤਕਨੀਕਾਂ ਅਪਣਾਉਣ ਦੇ ਨਾਲ-ਨਾਲ ਫਸਲਾਂ ਦੇ ਸੁਧਰੇ ਬੀਜਾਂ ਬਾਰੇ ਅਤੇ ਜੈਵਿਕ ਖੇਤੀ ਬਾਰੇ ਵੀ ਤਕਨੀਕੀ ਜਾਣਕਾਰੀ ਮੁਹੱਈਆ ਕਰਾਉਣ। ਉਨ੍ਹਾਂ ਇਸ ਗੱਲ ਤੇ ਵੀ ਜੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਜਮੀਨ ਦੀ ਮਿੱਟੀ ਪਰਖ ਕਰਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਘੱਟ ਤੋਂ ਘੱਟ ਖਾਦਾਂ ਦੀ ਵਰਤੋ ਕਰਨ ਲਈ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਉਹ ਖੁਦ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਫਸਲਾਂ ਦਾ ਜਾਇਜਾ ਲੈਣਗੇ ਅਤੇ ਪਿੰਡ ਪੱਧਰ ਤੇ ਫਸਲਾਂ ਪ੍ਰਤੀ ਕਿਸਾਨਾਂ ਦੇ ਸਿਖਲਾਈ ਕੈਂਪ ਲਗਾਏ ਜਾਣਗੇ। ਜਿਸ ਵਿੱਚ ਖੇਤੀਬਾੜੀ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਕਿਸੇ ਵੀ ਬਿਮਾਰੀ ਸਬੰਧੀ ਜਾਂ ਕੋਈ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕਰਨੀ ਹੋਵੇ ਤਾਂ ਉਹ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਫ਼ਸਰਾਂ ਨਾਲ ਸਿੱਧੇ ਤੌਰ ਤੇ ਸੰਪਰਕ ਕਰ ਸਕਦੇ ਹਨ ਅਤੇ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸਲਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਮੁੱਖ ਮੰਤਵ ਕਿਸਾਨਾਂ ਨੁੰ ਲਾਹੇਵੰਦ ਫਸਲਾਂ ਦੀ ਕਾਸਤ ਸਬੰਧੀ ਜਾਗਰੂਕ ਕਰਕੇ ਉਨ੍ਹਾਂ ਦੀ ਆਰਥਿਕਤਾ ਨੂੰ ਮਜਬੂਤ ਕਰਨਾ ਹੈ। ਇਸ ਮੌਕੇ ਤਕਨੀਕੀ ਸਹਾਇਕ ਸ੍ਰੀ ਚਮਨ ਲਾਲ ਸਮੇਤ ਬਲਾਕ ਪੱਧਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment