Monday, 28 October 2024

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪਿਕਾਡਲੀ ਚੌਂਕ ਵਿੱਚ ਰੋਸ ਪ੍ਰਦਰਸ਼ਨ

By 121 News
Chandigarh, Oct.28, 2024:-ਯੂ.ਟੀ. ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਲਗਾਤਾਰ ਸੰਘਰਸ਼ ਵਿੱਚ ਜੁਟੇ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਅੱਜ ਇੱਥੇ ਪਿਕਾਡਲੀ ਚੌਂਕ ਉਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਸ਼ਾਮਿਲ ਪੰਜਾਬੀ ਹਿਤੈਸ਼ੀਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਸ਼ਾਸਨ ਨੂੰ ਪੰਜਾਬੀ ਵਿਰੋਧੀ ਗਰਦਾਨਿਆ। ਪੰਜਾਬੀ ਗਾਇਕ ਬਲਬੀਰ ਸੂਫੀ ਨੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਅਤੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਗੀਤ ਗਾ ਕੇ ਰੋਸ ਪ੍ਰਦਰਸ਼ਨ ਵਿੱਚ ਉਤਸ਼ਾਹ ਭਰਿਆ।
ਇਸ ਮੌਕੇ ਗੱਲਬਾਤ ਕਰਦਿਆਂ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਸ੍ਰੀ ਰਾਮ ਅਰਸ਼, ਬਾਬਾ ਸਾਧੂ ਸਿੰਘ ਸਾਰੰਗਪੁਰ, ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਸ਼ਰਨਜੀਤ ਸਿੰਘ ਰਾਏਪੁਰ ਕਲਾਂ, ਗੁਰਪ੍ਰੀਤ ਸਿੰਘ ਸੋਮਲ, ਤਰਕਸ਼ੀਲ ਆਗੂ ਜੋਗਾ ਸਿੰਘ, ਪੱਤਰਕਾਰ ਤਰਲੋਚਨ ਸਿੰਘ, ਪਰਵਿੰਦਰ ਸਿੰਘ ਧਨਾਸ ਆਦਿ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਇਸ ਕਦਰ ਗੂੰਗਾ ਅਤੇ ਬੋਲ਼ਾ ਹੋ ਚੁੱਕਾ ਹੈ ਕਿ ਪੰਜਾਬੀ ਬੋਲਦੇ ਪਿੰਡ ਉਜਾੜ ਕੇ ਵਸਾਏ ਗਏ ਇਸ ਸ਼ਹਿਰ ਵਿੱਚ ਉਨ੍ਹਾਂ ਦੀ ਹੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਇੱਥੋਂ ਦੇ ਪ੍ਰਸ਼ਾਸਨਿਕ ਅਧਿਕਾਰੀ ਪੰਜਾਬੀ ਭਾਸ਼ਾ ਲਾਗੂ ਨਾ ਕਰਕੇ ਇਸ ਖਿੱਤੇ ਦੀ ਬੋਲੀ ਪੰਜਾਬੀ ਦੇ ਵਿਰੋਧੀ ਹੋਣ ਦਾ ਸਬੂਤ ਦੇ ਰਹੇ ਹਨ।  
ਉਨ੍ਹਾਂ ਚਿੰਤਾ ਪ੍ਰਗਟਾਈ ਕਿ ਜੇਕਰ ਪੰਜਾਬੀ ਭਾਸ਼ਾ ਹੀ ਨਾ ਰਹੀ ਤਾਂ ਸਾਡੀ ਆਉਣ ਵਾਲੀ ਨੌਜਵਾਨ ਪੀੜ੍ਹੀ ਗੁਰਬਾਣੀ ਪੜ੍ਹਨ ਤੋਂ ਵੀ ਵਾਂਝੀ ਹੋਵੇਗੀ ਅਤੇ ਭਾਸ਼ਾ ਤੋਂ ਬਗੈਰ ਅਸੀਂ ਪੰਜਾਬੀ ਅਖਵਾਉਣ ਦੇ ਵੀ ਹੱਕਦਾਰ ਨਹੀਂ ਰਹਾਂਗੇ।
ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਨਹੀਂ ਦੇ ਦਿੱਤਾ ਜਾਂਦਾ, ਉਦੋਂ ਤੱਕ ਪੰਜਾਬੀ ਮੰਚ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਅੱਜ ਦੇ ਰੋਸ ਪ੍ਰਦਰਸ਼ਨ ਵਿੱਚ ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਲਾਭ ਸਿੰਘ ਰਾਏਪੁਰ ਕਲਾਂ, ਨੰਬਰਦਾਰ ਗੁਰਮੁਖ ਸਿੰਘ ਸਕੇਤੜੀ, ਕਾਮਰੇਡ ਰਾਜ ਕੁਮਾਰ, ਸੀ.ਟੀ.ਯੂ. ਪੈਨਸ਼ਨਰਜ਼ ਐਸੋਸੀਏਸ਼ਨ ਤੋਂ ਭੁਪਿੰਦਰ ਸਿੰਘ ਅਤੇ ਗੁਰਚਰਨ ਸਿੰਘ ਆਦਿ ਵੀ ਮੌਜੂਦ ਸਨ।

No comments:

Post a Comment