Monday, 19 May 2025

ਚੰਡੀਗੜ੍ਹ ਪੰਜਾਬੀ ਮੰਚ ਦੇ ਰੋਸ ਮਾਰਚ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਦਾ ਐਲਾਨ

By 121 News
Chandigarh, May 19, 2025:-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਇਸ ਖਿੱਤੇ ਦੀ ਮਾਂ ਬੋਲੀ ਪੰਜਾਬੀ ਭਾਸ਼ਾ ਦੇ ਮਾਣ-ਸਨਮਾਨ ਦੀ ਬਹਾਲੀ ਵਾਸਤੇ ਪਿੰਡਾਂ ਦੇ ਬਜ਼ੁਰਗਾਂ ਵੱਲੋਂ ਸਮੂਹ ਪੰਜਾਬੀ ਹਿਤੈਸ਼ੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਇਸ ਸਬੰਧ ਵਿੱਚ ਇੱਕ ਮੀਟਿੰਗ ਪਿੰਡ ਧਨਾਸ ਦੇ ਗੁਰਦੁਆਰਾ ਸਾਹਿਬ ਵਿਖੇ ਪਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਚੰਡੀਗੜ੍ਹ ਪੰਜਾਬੀ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ, ਕਾਮਰੇਡ ਦੇਵੀ ਦਿਆਲ ਸ਼ਰਮਾ, ਗੁਰਪ੍ਰੀਤ ਸਿੰਘ ਸੋਮਲ, ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਬਲਕਾਰ ਸਿੰਘ ਸਿੱਧੂ, ਜੋਗਾ ਸਿੰਘ ਸਮੇਤ ਪਿੰਡ ਧਨਾਸ ਨਿਵਾਸੀ ਕਰਮ ਸਿੰਘ, ਦਲਵਿੰਦਰ ਸਿੰਘ, ਅਵਤਾਰ ਸਿੰਘ, ਕਾਕਾ ਸਿੰਘ ਤੇ ਪਿੰਡ ਦੇ ਲੋਕ ਸ਼ਾਮਿਲ ਹੋਏ।
ਮੀਟਿੰਗ ਵਿੱਚ ਮੌਜੂਦ ਸਮੂਹ ਨੌਜਵਾਨਾਂ ਅਤੇ ਬਜ਼ੁਰਗਾਂ ਨੇ ਮੰਚ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਚ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਕੱਢੀ ਜਾ ਰਹੀ ਰੋਸ ਰੈਲੀ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਇਸੇ ਮਕਸਦ ਲਈ ਹੋਰਨਾਂ ਪਿੰਡਾਂ ਵਿੱਚ ਜਾ-ਜਾ ਕੇ ਵੀ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਚੰਡੀਗੜ੍ਹ ਦੇ ਹਰੇਕ ਪੰਜਾਬੀ ਹਿਤੈਸ਼ੀ ਨੌਜਵਾਨਾਂ ਅਤੇ ਬੱਚਿਆਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜੇਕਰ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਦੇ ਪੰਜਾਬੀ ਵਿਰੋਧੀ ਅਫ਼ਸਰਾਂ ਦਾ ਵਿਰੋਧ ਕਰਕੇ ਉਨ੍ਹਾਂ ਨੂੰ ਸਬਕ ਨਾ ਸਿਖਾਇਆ ਗਿਆ ਤਾਂ ਇਸ ਖਿੱਤੇ ਦੀ ਮਾਂ ਬੋਲੀ ਪੰਜਾਬੀ ਭਾਸ਼ਾ ਦਾ ਸਫ਼ਾਇਆ ਹੋ ਜਾਵੇਗਾ ਅਤੇ ਸਾਡੀਆਂ ਪੀੜ੍ਹੀਆਂ ਗੁਰਬਾਣੀ ਪੜ੍ਹਨ ਤੋਂ ਵੀ ਵਾਂਝੀਆਂ ਜਾਣਗੀਆਂ।
ਧਨਾਸ ਨਿਵਾਸੀ ਪਰਮਿੰਦਰ ਸਿੰਘ ਸੰਧੂ ਅਤੇ ਹੋਰਨਾਂ ਨੇ ਮੰਚ ਦੇ ਸਮੂਹ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵੱਡੀ ਗਿਣਤੀ ਵਿੱਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਨਾਲ ਲੈ ਕੇ ਰੋਸ ਮਾਰਚ ਵਿੱਚ ਸ਼ਾਮਿਲ ਹੋਣਗੇ ਅਤੇ ਪ੍ਰਸ਼ਾਸਨ ਨੂੰ ਪੰਜਾਬੀ ਭਾਸ਼ਾ ਦਾ ਮਾਣ ਸਨਮਾਨ ਬਹਾਲ ਕਰਨ ਲਈ ਆਪਣਾ ਸੁਨੇਹਾ ਦੇਣਗੇ।

No comments:

Post a Comment