Saturday, 29 March 2025

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪ੍ਰਸ਼ਾਸਨ ਖਿਲਾਫ਼ ਰੋਸ ਮਾਰਚ ਕੱਢਣ ਬਾਰੇ ਮੀਟਿੰਗ

By 121 News
Chandigarh, Mar.29, 2025:-ਯੂ.ਟੀ. ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਰਜਾ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਅੱਜ ਇਥੇ ਸੈਕਟਰ 22 ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ।
       ਮੰਚ ਦੇ ਪ੍ਰਧਾਨ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ  ਖੁੱਡਾ ਅਲੀਸ਼ੇਰ, ਸਕੱਤਰ ਗੁਰਪ੍ਰੀਤ ਸਿੰਘ ਸੋਮਲ, ਜਸਵਿੰਦਰ ਸਿੰਘ ਜੱਸਲ, ਮਾਸਟਰ ਮੋਹਣ ਸਿੰਘ, ਮੇਜਰ ਸਿੰਘ, ਪ੍ਰਲਾਦ ਸਿੰਘ ਅਤੇ ਤਰਕਸ਼ੀਲ ਸੁਸਾਇਟੀ ਤੋਂ ਜੋਗਾ ਸਿੰਘ ਆਦਿ ਨੇ ਚੰਡੀਗੜ੍ਹ ਵਿੱਚ ਇਸ ਖਿੱਤੇ ਦੀ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਨਮਾਨ ਨਾ ਮਿਲਣ ਬਾਰੇ ਡੂੰਘੀ ਚਿੰਤਾ ਪ੍ਰਗਟਾਈ ਅਤੇ  ਪ੍ਰਸ਼ਾਸਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।
    ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਸ ਖਿੱਤੇ ਦੀ ਮਾਂ ਬੋਲੀ ਪੰਜਾਬੀ ਨੂੰ ਵਿਸਾਰ ਚੁੱਕਾ ਹੈ ਜਦਕਿ ਇੱਥੋਂ ਦੀ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਪੰਜਾਬੀ ਹੋਣੀ ਚਾਹੀਦੀ ਹੈ।
       ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਮੰਚ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 5 ਜੁਲਾਈ ਨੂੰ ਸ਼ਹਿਰ ਵਿੱਚ ਇੱਕ ਰੋਸ ਮਾਰਚ ਕੱਢਿਆ ਜਾਵੇਗਾ।  ਉਸ ਦਿਨ ਵੱਡੀ ਗਿਣਤੀ ਪੰਜਾਬੀ ਹਿਤੈਸ਼ੀ ਸੈਕਟਰ 34 ਦੇ ਗੁਰਦੁਆਰਾ ਸਾਹਿਬ ਅੱਗੇ ਇਕੱਠੇ ਹੋ ਕੇ ਸੈਕਟਰ 7-ਸੀ ਦੇ ਗੁਰਦੁਆਰਾ ਸਾਹਿਬ ਤੱਕ ਰੋਸ ਮਾਰਚ ਕੱਢਣਗੇ।
         ਕਾਮਰੇਡ ਦੇਵੀ ਦਿਆਲ ਸ਼ਰਮਾ ਨੇ ਦੱਸਿਆ ਕਿ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ  ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਰੋਸ ਮਾਰਚ ਲਈ ਲਾਮਬੰਦ ਕੀਤਾ ਜਾਵੇਗਾ ਤਾਂ ਜੋ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਪੰਜਾਬੀ ਭਾਸ਼ਾ ਵਿਰੋਧੀ ਚਾਲਾਂ ਦਾ ਪਰਦਾਫਾਸ਼ ਕੀਤਾ ਜਾਵੇ ਅਤੇ ਲੋਕਾਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਦੀ ਰਖਵਾਲੀ ਵਾਸਤੇ ਜਾਗਰੂਕ ਕੀਤਾ ਜਾ ਸਕੇ।

No comments:

Post a Comment